
Amritsar: Giani Raghbir Singh who has been appointed as the new Jathedar of the Akal Takht by Shiromani Gurdwara Parbandhak Committee (SGPC), at Golden Temple in Amritsar, Friday, June 16, 2023. (PTI Photo)(PTI06_16_2023_000183B)
ਬੀਤੇ ਕੱਲ੍ਹ ਭਾਰਤੀ ਫ਼ੌਜ ਦੇ ਲੈਫ਼ਟੀਨੈਂਟ ਜਨਰਲ ਸੁਮੇਰ ਇਵਾਨ ਵੱਲੋਂ ਇੱਕ ਚੈਨਲ ਨਾਲ ਇੰਟਰਵੀਊ ਦੌਰਾਨ ਹਾਲੀਆ ਭਾਰਤ ਪਾਕਿਸਤਾਨ ਤਣਾਅ ਵਿਚਕਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੌਜ ਦੀਆਂ ਹਵਾਈ ਸੁਰੱਖਿਆ ਗੰਨਾਂ ਲਗਾਉਣ ਸਬੰਧੀ ਕੀਤੇ ਗਏ ਦਾਅਵੇ ਨੂੰ ਮੂਲੋਂ ਰੱਦ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਇਸ ਨੂੰ ਹੈਰਾਨੀਜਨਕ ਕਰਾਰ ਦਿੱਤਾ ਹੈ।
ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਬੀਤੇ ਦਿਨੀਂ ਅੰਮ੍ਰਿਤਸਰ ਜਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਬਲੈਕਆਊਟ ਸਬੰਧੀ ਕੀਤੀਆਂ ਗਈਆਂ ਹਦਾਇਤਾਂ ਦੇ ਮੱਦੇਨਜ਼ਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧ ਵੱਲੋਂ ਸਹਿਯੋਗ ਕੀਤਾ ਗਿਆ, ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਸਮੂਹ ਦੀਆਂ ਬਾਹਰਲੀਆਂ ਤੇ ਉੱਪਰਲੀਆਂ ਲਾਈਟਾਂ ਤੈਅ ਸਮੇਂ ਸੀਮਾ ਅਨੁਸਾਰ ਬੰਦ ਕੀਤੀਆਂ ਗਈਆਂ ਪ੍ਰੰਤੂ ਜਿੱਥੇ-ਜਿੱਥੇ ਗੁਰੂ ਦਰਬਾਰ ਦੀ ਮਰਿਆਦਾ ਚਲਦੀ ਹੈ ਉਨ੍ਹਾਂ ਥਾਵਾਂ ਉੱਤੇ ਲਾਈਟਾਂ ਚੱਲਦੀਆਂ ਰੱਖ ਕੇ ਪੂਰੀ ਜਿੰਮੇਵਾਰੀ ਨਾਲ ਮਰਿਆਦਾ ਨਿਭਾਈ ਗਈ ਹੈ।
ਗਿਆਨੀ ਅਮਰਜੀਤ ਸਿੰਘ ਨੇ ਦੱਸਿਆ ਕਿ ਭਾਰਤੀ ਫੌਜ ਦੇ ਲੈਫਟੀਨੈਂਟ ਜਨਰਲ ਵੱਲੋਂ ਇਹ ਦਾਅਵਾ ਕਰਨਾ ਕਿ ਆਪਰੇਸ਼ਨ ਸਿੰਧੂਰ ਦੌਰਾਨ ਹੈਡ ਗ੍ਰੰਥੀ ਵੱਲੋਂ ਫੌਜ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੀਆਂ ਹਵਾਈ ਸੁਰੱਖਿਆ ਗੰਨਾਂ ਲਗਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ, ਇਹ ਮੂਲੋਂ ਗਲਤ ਹੈ ਕਿਉਂਕਿ ਅਜਿਹੀ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ ਅਤੇ ਨਾ ਹੀ ਕੋਈ ਗੰਨਾਂ ਲਗਾਉਣ ਜਿਹਾ ਘਟਨਾਕ੍ਰਮ ਇਸ ਪਾਵਨ ਅਸਥਾਨ ਉੱਤੇ ਪ੍ਰਵਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਮੂਹ, ਲੰਗਰ ਸ੍ਰੀ ਗੁਰੂ ਰਾਮਦਾਸ ਜੀ, ਸ੍ਰੀ ਅਖੰਡ ਪਾਠ ਸਾਹਿਬਾਨ ਵਾਲੇ ਅਸਥਾਨ ਅਤੇ ਹੋਰ ਸਬੰਧਤ ਗੁਰ ਅਸਥਾਨਾਂ ਦੀ ਰੋਜ਼ਾਨਾ ਚੱਲਣ ਵਾਲੀ ਮਰਿਆਦਾ ਲਾਜ਼ਮੀ ਹੁੰਦੀ ਹੈ ਜਿਸ ਵਿੱਚ ਕਿਸੇ ਕਿਸਮ ਦਾ ਵਿਘਨ ਪਾਉਣ ਦਾ ਅਧਿਕਾਰ ਕਿਸੇ ਨੂੰ ਨਹੀਂ ਹੈ ਅਤੇ ਬੀਤੇ ਦਿਨੀਂ ਬਣੇ ਹਾਲਾਤ ਦੇ ਚੱਲਦਿਆਂ ਵੀ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਗੁਰੂ ਦਰਬਾਰ ਦੀ ਸਮੁੱਚੀ ਮਰਿਆਦਾ ਪੂਰਨ ਸਮਰਪਣ ਭਾਵ ਅਤੇ ਦ੍ਰਿੜ੍ਹਤਾ ਨਾਲ ਜਾਰੀ ਰੱਖੀ ਗਈ ਹੈ।
ਉਨ੍ਹਾਂ ਕਿਹਾ ਕਿ ਬਲੈਕਆਊਟ ਦੇ ਸਮੇਂ ਕਿਸੇ ਵੀ ਗੁਰ ਅਸਥਾਨ ਜਿੱਥੇ ਮਰਿਆਦਾ ਚੱਲਦੀ ਹੋਵੇ ਉਸ ਦੀਆਂ ਲਾਈਟਾਂ ਬੰਦ ਨਹੀਂ ਕੀਤੀਆਂ ਗਈਆਂ। ਸਿੰਘ ਸਾਹਿਬ ਨੇ ਕਿਹਾ ਕਿ ਭਾਰਤੀ ਫ਼ੌਜ ਦੇ ਅਧਿਕਾਰੀ ਨੇ ਅਜਿਹਾ ਬਿਆਨ ਕਿਉਂ ਦਿੱਤਾ ਇਸ ਬਾਰੇ ਤਾਂ ਉਹ ਹੀ ਸਪੱਸ਼ਟ ਕਰ ਸਕਦੇ ਹਨ ਪਰੰਤੂ ਅਜਿਹੀ ਗੱਲ ਕਹੀ ਜਾਣੀ ਬਹੁਤ ਗ਼ਲਤ ਤੇ ਹੈਰਾਨੀਜਨਕ ਹੈ। ਉਨ੍ਹਾਂ ਕਿਹਾ ਕਿ ਬਤੌਰ ਐਡੀਸ਼ਨਲ ਮੁੱਖ ਗ੍ਰੰਥੀ ਉਹ ਇਹ ਗੱਲ ਦਾਅਵੇ ਨਾਲ ਕਹਿ ਰਹੇ ਹਨ ਕਿ ਗੰਨਾਂ ਲਗਾਉਣ ਸਬੰਧੀ ਕੋਈ ਪ੍ਰਵਾਨਗੀ ਫ਼ੌਜ ਨੂੰ ਨਹੀਂ ਦਿੱਤੀ ਗਈ।