
ਤਖ਼ਤ ਸ੍ਰੀ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਨੂੰ ਤਨਖ਼ਾਹੀਆ ਐਲਾਨਿਆਂ ਗਿਆ ਹੈ। ਇਸ ਤੋਂ ਬਾਅਦ ਪੰਥਕ ਧਿਰਾਂ ਦੇ ਵਖਰੇਵੇਂ ਹੋਰ ਉੱਭਰ ਕੇ ਸਾਹਮਣੇ ਆਏ ਹਨ।
ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ।
ਹਾਲਾਂਕਿ, ਸਿੱਖਾਂ ਦੀ ਸਿਰਮੌਰ ਸੰਸਥਾ ਵਜੋਂ ਪ੍ਰਵਾਨੇ ਜਾਂਦੇ ਅਕਾਲ ਤਖ਼ਤ ਨੇ ਵੀਰਵਾਰ ਨੂੰ ਇੱਕ ਮੀਟਿੰਗ ਸੱਦੀ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਇਨ੍ਹਾਂ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ।
ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਰਣਜੀਤ ਸਿੰਘ ਗੌਹਰ ਨੂੰ ਅਕਾਲ ਤਖ਼ਤ ਵੱਲੋਂ ਮੁਆਫ਼ ਕਰਨ ਦਾ ਮਾਮਲਾ ਵੀ ਦੋਵਾਂ ਤਖ਼ਤਾਂ ਵਿੱਚ ਵਿਵਾਦ ਦਾ ਕਾਰਨ ਬਣਿਆ ਹੈ।
ਦੋਵਾਂ ਤਖ਼ਤਾਂ ਵੱਲੋਂ ਇੱਕ ਦੂਜੇ ਦੇ ਹੁਕਮਨਾਮਿਆਂ ਨੂੰ ਮੰਨਣ ਤੋਂ ਇਨਕਾਰੀ ਹੋਣ ਨੂੰ ਕੁਝ ਮਾਹਰ ਸਿਆਸਤ ਤੋਂ ਪ੍ਰੇਰਿਤ ਦੱਸਦੇ ਹਨ ਤਾਂ ਕੁਝ ਮਾਹਰ ਇਸ ਨੂੰ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਸਾਜਿਸ਼ ਵਜੋਂ ਵੀ ਦੇਖਦੇ ਹਨ।