
ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਬੁੱਧਵਾਰ ਨੂੰ ਜਥੇਦਾਰ ਬਲਦੇਵ ਸਿੰਘ ਦੀ ਅਗਵਾਈ ਹੇਠ ਪੰਜ ਪਿਆਰਿਆਂ ਦੀ ਮੀਟਿੰਗ ਸੱਦੀ ਗਈ ਸੀ।ਇਸ ਮੀਟਿੰਗ ਵਿੱਚ ਤਖ਼ਤ ਦੇ ਵਧੀਕ ਹੈੱਡ ਗ੍ਰੰਥੀ ਦਲੀਪ ਸਿੰਘ ਤੇ ਗੁਰਦਿਆਲ ਸਿੰਘ, ਸੀਨੀਅਰ ਮੀਤ ਗ੍ਰੰਥੀ ਪਰਸ਼ੂਰਾਮ ਸਿੰਘ ਅਤੇ ਮੀਤ ਗ੍ਰੰਥੀ ਅਮਰਜੀਤ ਸਿੰਘ ਮੌਜੂਦ ਸਨ।ਮੀਟਿੰਗ ਤੋਂ ਬਾਅਦ ਪੰਜ ਸਿੰਘ ਸਹਿਬਾਨ ਵੱਲੋਂ ਇੱਕ ਹੁਕਮਨਾਮਾ ਜਾਰੀ ਕੀਤਾ ਗਿਆ।ਹੁਕਮਨਾਮੇ ਵਿੱਚ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੇ ਜਥੇਦਾਰ ਬਾਬਾ ਟੇਕ ਸਿੰਘ ਨੂੰ ਕਥਿਤ ਅਤੇ ਆਪੇ ਥਾਪੇ ਜਥੇਦਾਰ ਦੱਸਦਿਆਂ ਅਸਵਿਕਾਰਿਆਂ ਕਰਾਰ ਦਿੱਤਾ ਗਿਆ ਅਤੇ ਦੋਵਾਂ ਨੂੰ ਤਨਖ਼ਾਹੀਆ ਵੀ ਐਲਾਨਿਆ ਹੈ।
ਇਸ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ, ਅੰਮ੍ਰਿਤਸਰ ਵਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਮੁਆਫ਼ੀ ਦੇਣ ਵਾਲੇ ਹੁਕਮਨਾਮੇ ਨੂੰ ਮੰਨਣ ਤੋਂ ਵੀ ਇਨਕਾਰ ਕੀਤਾ ਗਿਆ ਹੈ।ਕਿਹਾ ਗਿਆ ਕਿ ਜਥੇਦਾਰ ਗੌਹਰ ਪਹਿਲਾਂ ਜਾਰੀ ਹੁਕਮਨਾਮੇ ਮੁਤਾਬਕ ਤਨਖਾਹੀਆ ਅਤੇ ਪੰਥ ਵਿੱਚੋਂ ਛੇਕੇ ਹੋਏ ਹਨ, ਉਹ ਹੁਕਮਨਾਮਾ ਲਾਗੂ ਰਹੇਗਾ।ਪੰਜ ਪਿਆਰਿਆਂ ਨੇ ਸ੍ਰੀ ਅਕਾਲ ਤਖ਼ਤ ਤੋਂ ਜਾਰੀ ਕੀਤੇ ਗਏ ਹੁਕਮਾਂ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੱਤਾ ਅਤੇ ਇਸ ਨੂੰ ਰੱਦ ਕਰ ਦਿੱਤਾ ਗਿਆ।ਉਨ੍ਹਾਂ ਕਿਹਾ ਕਿ ਅੱਜ ਤੋਂ ਸ੍ਰੀ ਅਕਾਲ ਤਖ਼ਤ ਜਾਂ ਬਾਹਰੀ ਕਿਸੇ ਵੀ ਤਖ਼ਤ ਦੇ ਪੰਜ ਪਿਆਰੇ ਸਿੰਘ ਸਾਹਿਬਾਨ ਵੱਲੋਂ ਕਿਸੇ ਤਰ੍ਹਾਂ ਦਾ ਕੋਈ ਵੀ ਆਦੇਸ਼ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਾ ਲਾਗੂ ਕੀਤਾ ਜਾਵੇਗਾ ਅਤੇ ਨਾ ਹੀ ਮੰਨਿਆ ਜਾਵੇਗਾ।
ਸ੍ਰੀ ਅਕਾਲ ਤਖ਼ਤ ਤੋ ਜਾਰੀ ਕੀਤੇ ਗਏ ਹੁਕਮਨਾਮੇ ਮੁਤਾਬਕ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰਾਂ ਨੂੰ ਤਲਬ ਕੀਤਾ ਗਿਆ ਹੈ।ਹਾਲਾਂਕਿ ਤਖ਼ਤ ਸ੍ਰੀ ਪਟਨਾ ਸਾਹਿਬ ਨੇ ਅਕਾਲ ਤਖ਼ਤ ਦੇ ਇਨ੍ਹਾਂ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰਦਿਆਂ ਅਹੁਦੇਦਾਰਾਂ ਨੂੰ ਵੀ ਤਾਕੀਦ ਕੀਤੀ ਕਿ ਜੇ ਕੋਈ ਸ੍ਰੀ ਅਕਾਲ ਤਖ਼ਤ ਦੇ ਹੁਕਮਨਾਮੇ ਦੀ ਪਾਲਣਾ ਕਰੇਗਾ ਉਸ ਖ਼ਿਲਾਫ਼ ਮਰਿਆਦਾ ਦੇ ਆਧਾਰ ਉੱਤੇ ਕਾਰਵਾਈ ਕੀਤੀ ਜਾਵੇਗੀ।
ਇੱਕ ਹੋਰ ਮਾਮਲਾ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨਾਲ ਜੁੜਿਆ ਹੈ।ਗੌਹਰ ਨੂੰ ਸ੍ਰੀ ਅਕਾਲ ਤਖ਼ਤ ਵਲੋਂ ਤਨਖਾਹੀਆ ਕਰਾਰ ਦਿੱਤਾ ਹੋਇਆ ਸੀ ਅਤੇ ਇਸ ਦੇ ਨਾਲ ਹੀ ਉਨ੍ਹਾਂ ਦੇ ਧਾਰਮਿਕ ਪ੍ਰਚਾਰ ਕਰਨ ਉੱਤੇ ਵੀ ਪਾਬੰਦੀ ਲਾਈ ਗਈ ਸੀ।ਪਰ ਬੀਤੇ ਦਿਨੀਂ ਅਕਾਲ ਤਖ਼ਤ ਨੇ ਗੌਹਰ ਦੀ ਮੁਆਫ਼ੀ ਨੂੰ ਪ੍ਰਵਾਨ ਕਰਦਿਆਂ ਉਨ੍ਹਾਂ ਉੱਤੇ ਲਾਈਆਂ ਗਈਆਂ ਪਾਬੰਦੀਆਂ ਹਟਾ ਦਿੱਤੀਆਂ ਸਨ।
ਇਸ ਬਾਰੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੁਕਮਨਾਮੇ ਵਿੱਚ ਕਿਹਾ ਗਿਆ ਹੈ ਕਿ ਜਥੇਦਾਰ ਗੌਹਰ ਪਹਿਲਾਂ ਜਾਰੀ ਹੁਕਮਨਾਮੇ ਮੁਤਾਬਕ ਤਨਖਾਹੀਆ ਅਤੇ ਪੰਥ ਵਿੱਚੋਂ ਛੇਕੇ ਹੋਏ ਹਨ, ਉਹ ਹੁਕਮਨਾਮਾ ਲਾਗੂ ਰਹੇਗਾ।