
ਪੰਜਾਬ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਤੋਂ ਸਿਰਫ਼ ਦੋ ਦਿਨ ਪਹਿਲਾਂ, ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਨੇ ਵੱਡਾ ਸਿਆਸੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਲੜਨਗੇ ਤਾਂ ਜੋ ਆਪਣੇ ਪੁੱਤਰ ਨੂੰ ਇਨਸਾਫ ਦਿਵਾ ਸਕਣ। ਮਾਨਸਾ ਵਿੱਚ ਕਾਂਗਰਸ ਪਾਰਟੀ ਵੱਲੋਂ ਆਯੋਜਿਤ “ਸੰਵਿਧਾਨ ਬਚਾਓ ਰੈਲੀ” ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਬਲਕੌਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਪੁੱਤਰ ਦੇ ਕਤਲ ਦੇ ਇਨਸਾਫ ਲਈ ਚੋਣੀ ਮੈਦਾਨ ‘ਚ ਊਤਰਣਗੇ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਉਹ ਨਿਆਂ ਦੀ ਉਡੀਕ ਕਰ ਰਹੇ ਹਨ, ਪਰ ਅਜੇ ਤੱਕ ਇਨਸਾਫ ਨਹੀਂ ਮਿਲਿਆ।
ਬਲਕੌਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਬੁਰੀ ਤਰ੍ਹਾਂ ਨਾਲ ਵਿਗੜ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ, ਪਰ ਅਜੇ ਤੱਕ ਕਈ ਸਾਜ਼ਿਸ਼ਕਰਤਾ ਪੁਲਿਸ ਦੀ ਪਹੁੰਚ ਤੋਂ ਬਾਹਰ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵੀ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਗੋਲਡੀ ਬਰਾੜ ਦੀ ਗ੍ਰਿਫਤਾਰੀ ਦੀ ਗੱਲ ਕੀਤੀ ਗਈ ਸੀ, ਪਰ ਅਜੇ ਤੱਕ ਉਹ ਕਿਤੇ ਵੀ ਗ੍ਰਿਫਤਾਰ ਨਹੀਂ ਹੋਇਆ। ਬਲਕੌਰ ਸਿੰਘ ਨੇ ਭਾਵੁਕ ਹੋ ਕੇ ਕਿਹਾ ਕਿ ਉਹ ਆਪਣੇ ਪੁੱਤਰ ਦੇ ਇਨਸਾਫ ਲਈ ਅਖੀਰ ਤੱਕ ਲੜਾਈ ਲੜਦੇ ਰਹਿਣਗੇ।
ਜ਼ਿਕਰਯੋਗ ਹੈ ਕਿ 28 ਸਾਲਾਂ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਮਾਨਸਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੰਜਾਬੀ ਗਾਇਕ ਨੂੰ ਬਹੁਤ ਹੀ ਘੱਟ ਦੂਰੀ ‘ਤੇ ਗੋਲੀ ਮਾਰ ਦਿੱਤੀ ਗਈ ਸੀ ਅਤੇ ਮਾਨਸਾ ਸਿਵਲ ਹਸਪਤਾਲ ਪਹੁੰਚਣ ‘ਤੇ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਸੀ।
ਮੂਸੇਵਾਲਾ 2021 ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਅਤੇ ਬਾਅਦ ਵਿੱਚ 2022 ਦੀ ਪੰਜਾਬ ਵਿਧਾਨ ਸਭਾ ਚੋਣ ਲੜੀ। ਇਸ ਤੋਂ ਪਹਿਲਾਂ 2018 ਵਿੱਚ ਉਸਨੇ ਆਪਣੀ ਮਾਂ ਚਰਨ ਕੌਰ ਲਈ ਸਰਗਰਮੀ ਨਾਲ ਪ੍ਰਚਾਰ ਕੀਤਾ, ਜਿਸਨੇ ਉਸੇ ਸਾਲ ਦਸੰਬਰ ਵਿੱਚ ਮੂਸਾ ਪਿੰਡ ਤੋਂ ਸਰਪੰਚ ਦੀ ਚੋਣ ਜਿੱਤੀ ਸੀ।